ਪੰਜਾਬ ਪੁਲਿਸ ਵੱਲੋਂ 114 ਨਸ਼ਾ ਤਸਕਰ ਗ੍ਰਿਫ਼ਤਾਰ

On: ਜੂਨ 30, 2025 10:13 ਪੂਃ ਦੁਃ
Follow Us:
---Advertisement---

 

ਪੁਲਿਸ ਟੀਮਾਂ ਵੱਲੋਂ ਛੇ ਜ਼ਿਲਿ੍ਹਆਂ ਵਿੱਚ 332 ਮੈਡੀਕਲਾਂ ਵੀ ਜਾਂਚ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ”ਦੇ 120ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 114 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ ਅਤੇ 9.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 120 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,735 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 367 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 399 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਇਸਦੇ ਨਾਲ ਹੀ ਪੁਲਿਸ ਟੀਮਾਂ ਵੱਲੋਂ ਅੱਜ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲਿ੍ਹਆਂ ਵਿੱਚ 332 ਦਵਾਈਆਂ ਦੀਆਂ ਦੁਕਾਨਾਂ (ਮੈਡੀਕਲਾਂ) ਦੀ ਜਾਂਚ ਵੀ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਵੱਲੋਂ ਕਿਤੇ ਕੋਈ ਨਸ਼ੀਲੀਆਂ ਗੋਲੀਆਂ ਜਾਂ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਉਹ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨੇਮਾਂ ਦੀ ਪਾਲਣਾ ਕਰ ਰਹੀਆਂ ਹਨ ਜਾਂ ਨਹੀਂ।

 

Join WhatsApp

Join Now

Join Telegram

Join Now

Leave a Comment