CM Punjab ਨੇ PM Modi ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

5

– ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪੰਜਾਬ ਲਈ ਔਖਾ ਸਮਾਂ – ਕੇਂਦਰ ਤੋਂ ਬਕਾਇਆ ਫੰਡ ਅਤੇ ਹੜ੍ਹ ਰਾਹਤ ਵਿੱਚ ਵਧੇਰੇ ਸਹਿਯੋਗ ਦੀ ਕੀਤੀ ਮੰਗ

ਚੰਡੀਗੜ੍ਹ —– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਰਾਜ ਦੀ ਮੌਜੂਦਾ ਗੰਭੀਰ ਹੜ੍ਹ ਸਥਿਤੀ ਵੱਲ ਧਿਆਨ ਦਿਵਾਇਆ ਹੈ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਸਹਿਯੋਗ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਇਸ ਵੇਲੇ ਪੰਜਾਬ ਸਭ ਤੋਂ ਵੱਡੇ ਹੜ੍ਹ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਰਾਜ ਦੇ ਕਰੀਬ 1000 ਪਿੰਡਾਂ ਅਤੇ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ, ਜਦਕਿ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਪਾਣੀ ਹੇਠ ਆ ਗਈ ਹੈ। ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ।

ਮਾਨ ਨੇ ਆਪਣੇ ਪੱਤਰ ਵਿੱਚ ਕੇਂਦਰ ਸਰਕਾਰ ਕੋਲੋਂ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਗਤੀ ਮਿਲ ਸਕੇ।

ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਤੋਂ SDRF (State Disaster Response Fund) ਦੇ ਨਿਯਮਾਂ ਵਿੱਚ ਤੁਰੰਤ ਬਦਲਾਅ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਮਿਲਣ ਵਾਲੀ ਹੜ੍ਹ ਨੁਕਸਾਨ ਦੀ ਭਰਪਾਈ ਬਹੁਤ ਘੱਟ ਹੈ। ਪੰਜਾਬ ਸਰਕਾਰ ਚਾਹੁੰਦੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਜਿਸ ਲਈ ਕੇਂਦਰ ਤੋਂ ਸਹਿਮਤੀ ਦੀ ਲੋੜ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਕੇਂਦਰ ਦੀ ਸਹਿਮਤੀ ਅਤੇ ਵਿੱਤੀ ਸਹਿਯੋਗ ਤੋਂ ਬਿਨਾਂ ਇਹ ਯੋਜਨਾ ਅਧੂਰੀ ਰਹਿ ਜਾਵੇਗੀ।