ਪੰਜਾਬ ਸਰਕਾਰ ਦਾ ਗੰਨਾ ਕਿਸਾਨਾਂ ਲਈ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

On: ਸਤੰਬਰ 15, 2025 9:11 ਬਾਃ ਦੁਃ
Follow Us:
---Advertisement---

 

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ

ਚੰਡੀਗੜ੍ਹ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਮਿਲੇ।

ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗਾਂ ਇਨ੍ਹਾਂ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦ੍ਰਿਤ ਸਨ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਆਗੂਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਦੇ ਪ੍ਰਧਾਨ ਬੇਅੰਤ ਸਿੰਘ, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਦੇ ਦੋ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਚਿਤੰਨ ਸਿੰਘ ਮਾਨਸਾ ਅਤੇ ਮੇਜਰ ਸਿੰਘ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਅਤੇ ਇੰਨ੍ਹਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਆਪੋ-ਆਪਣੇ ਮੁੱਦੇ ਪੇਸ਼ ਕੀਤੇ।

 

Join WhatsApp

Join Now

Join Telegram

Join Now

Leave a Comment