ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ

On: ਨਵੰਬਰ 29, 2025 8:00 ਪੂਃ ਦੁਃ
Follow Us:

* 15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ
* 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਰਕਮ ਸਿੱਧੇ ਬੈਂਕ ਖਾਤੇ ਰਾਹੀਂ ਜਾਰੀ ਕੀਤੀ ਜਾ ਰਹੀ ਹੈ

ਚੰਡੀਗੜ੍ਹ —— ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸਮੇਤ ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ਪਟਿਆਲਾ ਦੇ 52, ਪਠਾਨਕੋਟ ਦੇ 347, ਰੂਪਨਗਰ ਦੇ 38, ਐਸ.ਏ.ਐਸ. ਨਗਰ ਦੇ 17, ਸੰਗਰੂਰ ਦੇ 122 ਅਤੇ ਮਾਲੇਰਕੋਟਲਾ ਦੇ 149 ਲਾਭਪਾਤਰੀਆਂ ਨੂੰ ਵਿੱਤੀ ਲਾਭ ਪ੍ਰਦਾਨ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਸੂਬਾ ਸਰਕਾਰ ਵੱਲੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਕਮ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੀ ਲੜਕੀ ਦਾ ਪਰਿਵਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਆਮਦਨ ਹੋਵੇ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧੀ ਬੈਂਕ (ਡੀ.ਬੀ.ਟੀ) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਮਾਣ, ਸਮਾਨਤਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

Join WhatsApp

Join Now

Join Telegram

Join Now

Leave a Comment