ਚੰਡੀਗੜ੍ਹ ——— ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕਰਮਚਾਰੀਆਂ ਨੂੰ ਕੰਮ ‘ਤੇ ਵਾਪਸ ਆਉਣ ਅਤੇ ਸਰਕਾਰ ਨਾਲ ਗੱਲਬਾਤ ਦਾ ਰਸਤਾ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀ.ਆਰ.ਟੀ.ਸੀ. ਕਰਮਚਾਰੀਆਂ ਦੇ ਸਾਰੇ ਮਸਲੇ ਹੱਲ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕੁਝ ਮਾਮਲੇ ਅਦਾਲਤ ਵਿੱਚ ਵੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਕੇ ਕੰਮ ‘ਤੇ ਵਾਪਸ ਆਉਣਾ ਚਾਹੀਦਾ ਹੈ ਤਾਂ ਜੋ ਜਨਤਾ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੀ.ਆਰ.ਟੀ.ਸੀ. ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੇ ਬੇੜੇ ਵਿੱਚ 900 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰੇਗੀ।







