ਚੰਡੀਗੜ੍ਹ — ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਇਮਾਰਤ ਬਣਾਉਣ ਦੀ ਹਰਿਆਣਾ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਮਾਮਲੇ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਕੋਈ ਹੋਰ ਕਾਰਵਾਈ ਨਾ ਕੀਤੀ ਜਾਵੇ। ਚੰਡੀਗੜ੍ਹ ਨੂੰ ਸੁਤੰਤਰ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕਰਨ ਲਈ 131ਵੇਂ ਸੋਧ ਬਿੱਲ ਨੂੰ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਲਿਆ ਗਿਆ ਇਹ ਦੂਜਾ ਵੱਡਾ ਫੈਸਲਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੁਲਾਈ 2022 ਵਿੱਚ ਜੈਪੁਰ ਵਿੱਚ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਐਲਾਨ ਕੀਤਾ ਕਿ ਉਹ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਪ੍ਰਦਾਨ ਕਰਨਗੇ। ਇਸ ਤੋਂ ਬਾਅਦ, ਜੁਲਾਈ 2023 ਵਿੱਚ, UT ਪ੍ਰਸ਼ਾਸਨ ਹਰਿਆਣਾ ਨੂੰ 10 ਏਕੜ ਜ਼ਮੀਨ ਦੇਣ ਲਈ ਰਾਜ਼ੀ ਹੋ ਗਿਆ ਸੀ।







