ਪੰਜਾਬ ਕੈਬਨਿਟ ਸਬ-ਕਮੇਟੀ ਅਤੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਕੱਲ੍ਹ ਹੋਵੇਗੀ

13

ਚੰਡੀਗੜ੍ਹ: ਪੰਜਾਬ ਕੈਬਨਿਟ ਸਬ-ਕਮੇਟੀ ਅਤੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ 20 ਫਰਵਰੀ 2025 ਨੂੰ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜੇਕਰ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਸੰਤੋਸ਼ਜਨਕ ਹੱਲ ਨਹੀਂ ਨਿਕਲਦਾ, ਤਾਂ ਦਫ਼ਤਰੀ ਕਰਮਚਾਰੀ 21 ਫਰਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਅਤੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨਗੇ।

ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਵੱਲੋਂ ਕਈ ਵਾਰ ਅਫ਼ਸਰਸ਼ਾਹੀ ਨੂੰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਗਏ ਹਨ, ਪਰ ਇਸ ਦੇ ਬਾਵਜੂਦ ਵੀ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਕਈ ਮੀਟਿੰਗਾਂ ਵਿੱਚ ਮੰਗਾਂ ਨੂੰ ਤੁਰੰਤ ਨਿਬੇੜਨ ਦੇ ਆਦੇਸ਼ ਦਿੱਤੇ ਸਨ, ਪਰ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ।

ਇਸ ਤੋਂ ਪਹਿਲਾਂ, 14 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਇਹ ਫੈਸਲਾ ਹੋਇਆ ਸੀ ਕਿ ਹੜਤਾਲ ਦੇ ਸਮੇਂ ਦਾ ਪੈਂਡਿੰਗ ਕੰਮ ਮੁਲਾਜ਼ਮਾਂ ਵੱਲੋਂ ਪੂਰਾ ਕਰਨ ‘ਤੇ ਉਨ੍ਹਾਂ ਦੀ ਪੂਰੀ ਤਨਖਾਹ ਜਾਰੀ ਕੀਤੀ ਜਾਵੇਗੀ। ਮੁਲਾਜ਼ਮਾਂ ਨੇ ਸਾਰੇ ਪੈਂਡਿੰਗ ਕੰਮ ਮੁਕੰਮਲ ਕਰ ਦਿੱਤੇ ਹਨ, ਪਰ ਅਫਸਰਸ਼ਾਹੀ ਨੇ ਦਸੰਬਰ ਅਤੇ ਜਨਵਰੀ ਮਹੀਨਿਆਂ ਦੀ ਤਨਖਾਹ ਵਿੱਚ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਰੋਸ ਪੈਦਾ ਹੋਇਆ ਹੈ।

ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 20 ਫਰਵਰੀ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਹੀਂ ਹੁੰਦਾ, ਤਾਂ 21 ਫਰਵਰੀ ਨੂੰ ਸਿੱਖਿਆ ਭਵਨ ਮੋਹਾਲੀ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਸਲੇ ਹੱਲ ਹੋਣ ਤੱਕ ਉੱਥੇ ਹੀ ਧਰਨਾ ਜਾਰੀ ਰਹੇਗਾ।