ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਅੱਜ ਫਿਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਵਿੱਚ 10ਵੀਂ ਜਮਾਤ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ ਨਾਲ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪੜ੍ਹਨ ਦਾ ਵਿਕਲਪ ਦਿੱਤਾ ਜਾ ਸਕੇ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਸੀ.ਬੀ.ਐਸ.ਈ. 10ਵੀਂ ਜਮਾਤ (2025-26) ਦੇ ਪ੍ਰੀਖਿਆ ਪੈਟਰਨ ਵਿੱਚ ਪੰਜਾਬੀ ਨੂੰ ਜਾਣਬੁੱਝ ਕੇ ਦਰਕਿਨਾਰ ਕਰਨ ‘ਤੇ ਆਪਣਾ ਸਖ਼ਤ ਇਤਰਾਜ਼ ਅਤੇ ਡੂੰਘੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਅਤੇ ਇਸ ਵੱਡੀ ਕੁਤਾਹੀ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ।