ਪੰਜਾਬ ਸਰਕਾਰ ਦਾ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਲਈ ਵੱਡਾ ਐਲਾਨ
ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਹੁਣ ਮਿਲਣਗੇ 1 ਕਰੋੜ ਰੁਪਏ : ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤਾ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਉਨ੍ਹਾਂ ਦੀ ਅਸਮਰਥਾ ਦੇ ਆਧਾਰ ‘ਤੇ 10 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਤੱਕ ਕਰ ਦਿੱਤਾ ਹੈ।
ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।