ਅਰਨੀਵਾਲਾ ਜੈਲ ਦੇ ਮੂਲਿਆਂਵਾਲੀ ਮਾਈਨਰ ਦੇ ਕਿਸਾਨਾਂ ਨੂੰ ਮਿਲੇਗਾ ਭਰਪੂਰ ਨਹਿਰੀ ਪਾਣੀ – ਵਿਧਾਇਕ ਜਗਦੀਪ ਕੰਬੋਜ ਗੋਲਡੀ
ਅਰਨੀਵਾਲਾ/ਜਲਾਲਾਬਾਦ, 25 ਮਾਰਚ 2025
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪੰਜਾਬ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਅਰਨੀਵਾਲਾ ਜੈਲ ਦੇ ਮੂਲਿਆਂਵਾਲੀ ਮਾਈਨਰ ਦੇ ਕਿਸਾਨਾਂ ਦਾ ਮੁੱਦਾ ਉਠਾਇਆ। ਇਸ ਸਵਾਲ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਰਕਾਰ ਨੇ ਮੂਲਿਆਂਵਾਲੀ ਮਾਈਨਰ ਦੇ ਨਿਰਮਾਣ ਅਤੇ ਵਾਧੇ ਸਬੰਧੀ ਇੱਕ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਲੋੜੀਂਦੇ ਸਰਵੇਖਣਾਂ ਤੋਂ ਬਾਅਦ ਆਪਣੀ ਰਿਪੋਰਟ ਸੌਂਪੇਗੀ। ਮੰਤਰੀ ਨੇ ਸਦਨ ਵਿੱਚ ਭਰੋਸਾ ਦਿੱਤਾ ਕਿ ਮੂਲਿਆਂਵਾਲੀ ਅਤੇ ਆਸ-ਪਾਸ ਦੇ ਪਿੰਡਾਂ ਨੂੰ ਸਿੰਚਾਈ ਲਈ ਭਰਪੂਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੱਕੀ ਵਿਵਸਥਾ ਕੀਤੀ ਜਾਵੇਗੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਭਰੋਸੇ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।
ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਲਾਲਾਬਾਦ ਹਲਕੇ ਵਿੱਚ ਸੁਹੇਲੇ ਵਾਲਾ ਮਾਈਨਰ ਦਾ ਉਦਘਾਟਨ ਕੀਤਾ ਸੀ। ਇਹ ਪ੍ਰੋਜੈਕਟ ਪਿਛਲੇ 40 ਸਾਲਾਂ ਤੋਂ ਅਧੂਰਾ ਪਿਆ ਸੀ, ਜਿਸ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਕੰਮਲ ਕੀਤਾ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਰਨੀਵਾਲਾ ਖੇਤਰ ਦੇ 29 ਪਿੰਡਾਂ ਵਿੱਚ ਸੇਮ ਦੀ ਸਮੱਸਿਆ ਦੇ ਖਾਤਮੇ ਲਈ 27.74 ਕਰੋੜ ਰੁਪਏ ਦਾ ਪ੍ਰੋਜੈਕਟ ਵੀ ਮਨਜ਼ੂਰ ਕੀਤਾ ਹੈ। ਇਸ ਦੀ ਸ਼ੁਰੂਆਤ ਆਉਣ ਵਾਲੇ ਦਿਨਾਂ ਵਿੱਚ ਹੋਵੇਗੀ, ਜਿਸ ਨਾਲ 5000 ਹੈਕਟੇਅਰ ਤੋਂ ਵੱਧ ਵਾਹੀਯੋਗ ਜਮੀਨ ਸੇਮ ਮੁਕਤ ਹੋ ਸਕੇਗੀ।