ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

On: ਅਗਸਤ 30, 2025 6:11 ਬਾਃ ਦੁਃ
Follow Us:
---Advertisement---

— ਗ੍ਰਿਫ਼ਤਾਰ ਕੀਤਾ ਗਿਆ ਸ਼ੂਟਰ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ
— ਜਿਊਰਲ ਹਮਲੇ ਸਬੰਧੀ ਮਾਮਲੇ ਵਿੱਚ ਕੀਤੀ ਗਈ ਇਹ ਤੀਜੀ ਗ੍ਰਿਫ਼ਤਾਰੀ ਹੈ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਚੰਡੀਗੜ੍ਹ ——— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ ‘ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਟਰਾ ਰੋਡ ‘ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ।

ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ, ਦੋ ਹੋਰ ਦੋਸ਼ੀਆਂ, ਜਿਨ੍ਹਾਂ ਦੀ ਪਛਾਣ ਹਰਜੀਤ ਉਰਫ ਜੀਤਾ ਅਤੇ ਸਨਮੁਖ ਉਰਫ ਸੰਨੀ ਵਜੋਂ ਹੋਈ ਹੈ, ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

ਇਸ ਸਬੰਧੀ, ਐਫਆਈਆਰ ਨੰਬਰ 87 ਮਿਤੀ 15.08.2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109 ਅਤੇ 309 (6) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਥਾਣਾ ਜ਼ੀਰਾ ਵਿਖੇ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Join WhatsApp

Join Now

Join Telegram

Join Now

Leave a Comment