ਵੀਰਵਾਰ, ਅਪ੍ਰੈਲ 24, 2025
Home Blog

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਏ ਵੱਡੇ ਫੈਸਲੇ

 

ਲੁਧਿਆਣਾ :

ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਲਈ ਵੱਡੇ ਫੈਸਲੇ ਲੈ ਗਏ ਹਨ। ਜਿਥੇ ਪਿਛਲੀਆਂ ਸਰਕਾਰਾਂ ਅਨੁਸੂਚਿਤ ਜਾਤੀਆਂ ਦਾ ਹੱਕ ਮਾਰਦੀਆਂ ਰਹੀਆਂ, ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਅਨੁਸੂਚਿਤ ਜਾਤੀਆਂ ਦੇ ਹੱਕ ‘ਚ ਇੱਕ ਤੋਂ ਬਾਅਦ ਇਕ ਫੈਸਲਾ ਲਿਆ ਜਾ ਰਿਹਾ ਹੈ।

ਪ੍ਰਧਾਨ ਕੌਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਨੇ ਦਲਿਤਾਂ ਦਾ ਹੱਕ ਮਾਰਿਆ ਅਤੇ ਅੱਜ ਤੱਕ ਤਾਰੀਕਾਂ ਭੁਗਤ ਰਹੇ ਹਨ ਪਰ ‘ਆਪ’ ਸਰਕਾਰ ਨੇ ਯੁੱਗ ਪੁਰਸ਼ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਇਕੱਲੀਆਂ ਫੋਟੋਆਂ ਹੀ ਨਹੀਂ ਲਾਈਆਂ, ਸਗੋਂ ਉਨ੍ਹਾਂ ਦੀ ਈਮਾਨਦਾਰੀ ਦੀ ਸੋਚ ਵੀ ਅਪਣਾਈ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਦਲਿਤਾਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਪ੍ਰਦਾਨ ਕੀਤੇ ਅਤੇ ਉਹ ਬੱਚਿਆਂ ਦਾ ਐਡਵੋਕੇਟ ਜਨਰਲ ਦੇ ਦਫ਼ਤਰ ‘ਚ ਲਾਅ ਅਫ਼ਸਰ ਤੇ ਸਰਕਾਰੀ ਵਕੀਲ ਬਣ ਕੇ ਜੱਜ ਬਣਨ ਤੱਕ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮੇਤ ਦਲਿਤਾਂ ਤੇ ਪੱਛੜੇ ਵਰਗਾਂ ਲਈ ਕਰਜ਼ੇ ਵਰਗੀਆਂ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਸਮਾਜਿਕ ਬਰਾਬਰੀ ਦਾ ਹੱਕ ਦਿੱਤਾ ਤਾਂ ਕਿ ਉਹ ਵੀ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ ਅਤੇ ਉਨ੍ਹਾਂ ਦੇ ਬੱਚੇ ਵੀ ਜਨਰਲ ਵਰਗ ਦੀ ਤਰ੍ਹਾਂ ਮੁਕਾਬਲੇ ‘ਚ ਆ ਕੇ ਤਰੱਕੀਆਂ ਕਰ ਸਕਣ।

ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਕਿਹਾ ਕਿ ਭਾਰਤ ਦੀ ਕਿਸੇ ਹਾਈ ਕੋਰਟ ‘ਚ ਅਤੇ ਕਿਸੇ ਹੋਰ ਰਾਜ ਅੰਦਰ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐੱਸਸੀ/ਐੱਸਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ ਪਰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂ ਕਰਨ ਦਾ ਲਾਭ ਦਿੱਤਾ ਹੈ। ਉਨ੍ਹਾਂ ਅਨੁਸੂਚਿਤ ਵਰਗਾਂ ਦੇ ਬੱਚਿਆਂ ਨੂੰ ਸੱਦਾ ਦਿੱਤਾ ਕਿ ਉਹ ਵਕਾਲਤ ਦੀ ਪੜ੍ਹਾਈ ਪੜ੍ਹ ਕੇ ਜ਼ਰੂਰ ਇਸ ਦਾ ਲਾਭ ਉਠਾਉਣ।

 

ਪੰਜਾਬ ‘ਚ ਵੱਡੀ ਵਾਰਦਾਤ: ਵਿਅਕਤੀ ਦਾ ਬੇਰਹਿਮੀ ਨਾਲ ਕਤਲ

 

ਹੁਸ਼ਿਆਰਪੁਰ :

ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਨੇੜੇ ਸੋਮਵਾਰ ਸਵੇਰੇ ਇਕ ਵਿਅਕਤੀ ਦਾ ਕਤਲ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਖਰੀਦੋ-ਫਰੋਖ਼ਤ ਨੂੰ ਲੈਕੇ 40 ਰੁਪਈਏ ਦੇ ਲੈਣ-ਦੇਣ ਕਾਰਨ ਝਗੜਾ ਹੋਇਆ ਸੀ।

 

ਵੱਡੀ ਖ਼ਬਰ: ਬੇਅਦਬੀ ਕਾਂਡ ਦਾ ਦੋੋਸ਼ੀ ਗ੍ਰੰਥੀ ਗ੍ਰਿਫਤਾਰ

 

ਹੁਸ਼ਿਆਰਪੁਰ :

18 ਅਪ੍ਰੈਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਹੋਈ ਬੇਅਦਬੀ ਦੇ ਦੋਸ਼ ‘ਚ ਪੁਲਿਸ ਨੇ ਕਮੇਟੀ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਗ੍ਰੰਥੀ ਗੁਰਵਿੰਦਰ ਸਿੰਘ ਜਿੰਦਾ ਪੁੱਤਰ ਸੰਤੋਖ ਸਿੰਘ ਵਾਸੀ ਮੋਰਾਂਵਾਲੀ ਵਜੋਂ ਹੋਈ ਹੈ। ਉਹ ਇਲਾਕੇ ‘ਚ ਤੁਰ-ਫਿਰ ਕੇ ਪਾਠ ਕਰਦਾ ਸੀ।

ਪੁਲਿਸ ਨੇ ਅੱਜ ਮਾਹਿਲਪੁਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਇਸ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ।

 

Punjab News: ਕਿਸਾਨਾਂ ਲਈ ਜ਼ਰੂਰੀ ਖ਼ਬਰ! ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਬਣਾਇਆ ਇਹ ਜ਼ਬਰਦਸਤ ਪਲਾਨ

 

ਚੰਡੀਗੜ੍ਹ :

ਸੂਬੇ ‘ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਅਵਸ਼ੇਸ਼ ਮੈਨੇਜਮੈਂਟ (CRM) ਮਸ਼ੀਨਾਂ ਉਪਲਬਧ ਕਰਵਾਉਣ ਅਤੇ ਪਰਾਲੀ ਦੇ ਯੋਗ ਮੈਨੇਜਮੈਂਟ ਲਈ ਹੋਰ ਰਣਨੀਤੀਆਂ ਲਾਗੂ ਕਰਨ ਲਈ 500 ਕਰੋੜ ਰੁਪਏ ਖਰਚੇ ਜਾਣਗੇ।

ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲੀ ਅਵਸ਼ੇਸ਼ ਮੈਨੇਜਮੈਂਟ (CRM) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤਕ ਆਨਲਾਈਨ ਪੋਰਟਲ agrimachinerypb.com ‘ਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕਰਦੇ ਹੋਏ ਖੁੱਡੀਆਂ ਨੇ ਕਿਹਾ ਕਿ CRM ਮਸ਼ੀਨਾਂ ਦੀ ਖਰੀਦ ‘ਤੇ ਇੰਡਵਿਜੁਅਲ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਅਤੇ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਟੀਚਾ ਕਿਸਾਨਾਂ ਨੂੰ ਸੀਆਰਐਮ ਮਸ਼ੀਨਾਂ ਤਕ ਆਸਾਨ ਪਹੁੰਚ ਯਕੀਨੀ ਬਣਾਉਣਾ ਤੇ ਉਨ੍ਹਾਂ ਨੂੰ ਪਰਾਲੀ ਮੈਨੇਜਮੈਂਟ ਮਸ਼ੀਨਰੀ ਦੀ ਵਰਤੋਂ ਲਈ ਵਧੇਰੇ ਉਤਸ਼ਾਹਤ ਕਰਨਾ ਹੈ ਤਾਂ ਜੋ ਸਾਰਿਆਂ ਲਈ ਸਾਫ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀਆਰਐਮ ਮਸ਼ੀਨਾਂ ‘ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿਚ ਸੁਪਰ ਐਸਐਮਐਸ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡ੍ਰਿਲ, ਬੇਲਰ, ਰੈਕ, ਸ਼ਰਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰਾ ਚਪਰ/ਸ਼ਰੇਡਰ/ਮਲਚਰ, ਕ੍ਰਾਪ ਰੀਪਰ, ਹਾਈਡਰੌਲਿਕ ਰਿਵਰਸਿਬਲ ਮੋਲਡ ਬੋਰਡ ਪਲਾਉ ਸ਼ਾਮਲ ਹਨ।

ਖੇਤੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਨੇ ਫਸਲੀ ਰਹਿੰਦ-ਖੂਹੰਦ ਮੈਨੇਜਮੈਂਟ ‘ਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (CHC) ਵੀ ਸਥਾਪਿਤ ਕੀਤੇ ਗਏ ਸਨ।

ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਸਾਲ 2023 ਦੀ ਤੁਲਨਾ ‘ਚ 70 ਫੀਸਦੀ ਕਮੀ ਦਰਜ ਕੀਤੀ ਗਈ, ਜੋ ਕਿ ਸਾਲ 2023 ਵਿਚ ਰਿਪੋਰਟ ਹੋਏ 36,663 ਮਾਮਲਿਆਂ ਤੋਂ ਘਟ ਕੇ ਪਿਛਲੇ ਸਾਲ ਸਿਰਫ 10,909 ਰਹਿ ਗਏ।

 

Punjab News: 10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ

 

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ।

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮਾਂ – ਮਨਪ੍ਰੀਤ ਸਿੰਘ ਉਰਫ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ ਇਸਮਾਈਲ, ਠੇਕਾ-ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।

 

ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

 

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 60 ਐਫਆਈਆਰਜ਼ ਦਰਜ, 40.9 ਲੱਖ ਰੁਪਏ ਡਰੱਗ ਮਨੀ ਤੇ 261 ਗ੍ਰਾਮ ਹੈਰੋਇਨ ਬਰਾਮਦ

– 84 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ ਨਾਲ ਸਿਰਫ 48 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6402 ਹੋ ਗਈ ਹੈ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.9 ਲੱਖ ਰੁਪਏ ਡਰੱਗ ਮਨੀ, 261 ਗ੍ਰਾਮ ਹੈਰੋਇਨ, 699 ਗ੍ਰਾਮ ਅਫੀਮ ਅਤੇ 1997 ਨਸ਼ੀਲੀਆਂ ਗੋਲੀਆਂ/ਕੈਪਸੂਲ ਵੀ ਬਰਾਮਦ ਕੀਤੇ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

 

ਪੰਜਾਬ ਸਿੱਖਿਆ ਕ੍ਰਾਂਤੀ : ਇਸ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ

 

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਮੋਹਿੰਦਰ ਭਗਤ

ਚੰਡੀਗੜ੍ਹ/ ਜਲੰਧਰ

ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚ ਕ੍ਰਮਵਾਰ 63.36 ਲੱਖ ਅਤੇ 1.39 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ਾਮਲ ਹਨ।

ਇਸੇ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਸ਼ੇਖ (ਲੜਕੀਆਂ) ਵਿਖੇ 2.65 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਇਕ ਆਧੁਨਿਕ ਕਲਾਸ ਰੂਮ ਅਤੇ ਫਲੋਰਿੰਗ ਸ਼ਾਮਲ ਹੈ।

ਇਸ ਮੌਕੇ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖ਼ਲਾਈ ਲਈ ਵਿਦੇਸ਼ ਭੇਜਣਾ, ਬੱਸ ਸਰਵਿਸ ਸ਼ੁਰੂ ਕਰਨਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਦੀ ਨਿਯੁਕਤੀ, ਡਿਜੀਟਲ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਵਰਗੀਆਂ ਕਈ ਪਹਿਲਕਦਮੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਅਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਤੇ ਰੌਸ਼ਨ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸਮਰਪਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਇਸ ਮੌਕੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਇਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਦੀ ਅਪੀਲ ਕੀਤੀ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਿੱਤੂ ਨੰਗਲ, ਬਿਸਰਾਮਪੁਰ, ਨਾਹਰਪੁਰ ਤੇ ਪੱਤੜ ਕਲਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੜ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਫਾਜ਼ਿਲਪੁਰ ਵਿਖੇ 45.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ ਜ਼ਿਲ੍ਹੇ ਹੋਰਨਾਂ ਸਕੂਲਾਂ ਵਿੱਚ ਵੀ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਕਲਾਸਰੂਮ, ਲੈਬੋਰੇਟਰੀ, ਚਾਰਦਿਵਾਰੀ, ਸਾਇੰਸ ਲੈਬ, ਲਾਇਬ੍ਰੇਰੀ ਰੂਮ ਅਤੇ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।

ਪੰਜਾਬ ਸਰਕਾਰ ਦਾ ਵੱਡਾ ਐਲਾਨ; ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

 

– ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ ਵਿਖੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਤੇਜ਼ ਕਰਨ ਦੀ ਹਦਾਇਤ

– ਨਸ਼ਿਆਂ ਦੀ ਰੋਕਥਾਮ ਲਈ ਵੱਖ ਵੱਖ ਨੁਮਾਇੰਦਿਆਂ ਤੋਂ ਫੀਡਬੈਕ ਲਈ

ਚੰਡੀਗੜ੍ਹ/ਸੰਗਰੂਰ

ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ।

ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਆਦੇਸ਼ ਦਿੱਤੇ ਕਿ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੇ ਧੰਦੇ ਨਾਲ ਜੁੜੇ ਰਹੇ ਵਿਅਕਤੀਆਂ ਦੇ ਮੌਜੂਦਾ ਕਾਰੋਬਾਰਾਂ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਹਾਲੇ ਵੀ ਅਜਿਹੇ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹੋਏ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਡਰੱਗ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਜੇਕਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।

ਉਹਨਾਂ ਨੇ ਕਿਹਾ ਕਿ ਦਵਾਈ ਦੀਆਂ ਦੁਕਾਨਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਕੀਤਾ ਹੋਇਆ ਹੈ ਪਰ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਦਵਾਈ ਵਿਕਰੇਤਾ ਜਾਂ ਤਾਂ ਸੀਸੀਟੀਵੀ ਲਗਵਾਉਂਦੇ ਨਹੀਂ ਹਨ ਅਤੇ ਜਾਂ ਫਿਰ ਗੁੰਮਰਾਹ ਕਰਨ ਲਈ ਗੈਰ ਢੁਕਵੀਆਂ ਥਾਵਾਂ ਉੱਤੇ ਕੈਮਰੇ ਲਗਾ ਦਿੱਤੇ ਜਾਂਦੇ ਹਨ। ਉਹਨਾਂ ਨੇ ਪੁਲਿਸ ਤੇ ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਹਦਾਇਤ ਕੀਤੀ ਜਾਵੇ ਕਿ ਮਤੇ ਪਵਾ ਕੇ ਪਿੰਡਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਅਤੇ ਮੀਟਿੰਗ ਵਿੱਚ ਹਾਜ਼ਰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰੀ ਖੇਤਰਾਂ ਵਿੱਚ ਸਮੁੱਚੀ ਨਿਗਰਾਨੀ ਲਈ ਢੁਕਵੀਆਂ ਥਾਵਾਂ ਉੱਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਕੀਤੀ ਜਾਣ ਵਾਲੀ ਕਾਰਵਾਈ ਉੱਤੇ ਫੋਰੀ ਐਕਸ਼ਨ ਲਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ ਜਿਸ ਵੱਲੋਂ ਇਹ ਕਦੇ ਵੀ ਨਹੀਂ ਕਿਹਾ ਗਿਆ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਜਾਂ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਲਈ ਫੰਡਾਂ ਦੀ ਕਮੀ ਹੈ ਬਲਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚੜਾਇਆ ਜਾ ਰਿਹਾ ਹੈ।

ਉਹਨਾਂ ਨੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਸਮਾਜਿਕ ਨੁਮਾਇੰਦਿਆਂ ਤੋਂ ਫੀਡਬੈਕ ਵੀ ਹਾਸਿਲ ਕੀਤੀ ਅਤੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਸਰਕਾਰ ਦੀ ਤਰਫੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਿਭਾਗਾਂ ਵਿੱਚ ਭਰਤੀ ਨਾ ਦੇ ਬਰਾਬਰ ਕੀਤੀ ਸੀ ਪਰ ਪੰਜਾਬ ਵਿੱਚ ਸਾਡੀ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਹੀ 56 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਤੋਂ ਜ਼ਿਲ੍ਹੇ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਰਵਾਈ ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ। ਜ਼ਿਲ੍ਹਾ ਪੁਲਿਸ ਦੀ ਕਾਰਵਾਈ ਬਾਰੇ ਐਸ.ਪੀ ਨਵਰੀਤ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ।

ਮੀਟਿੰਗ ਦੌਰਾਨ ਏਡੀਸੀ ਅਮਿਤ ਬੈਂਬੀ, ਏਡੀਸੀ ਸੁਖਚੈਨ ਸਿੰਘ ਪਾਪੜਾ, ਚੇਅਰਮੈਨ ਦਲਵੀਰ ਸਿੰਘ ਢਿੱਲੋ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਗੁਨਿੰਦਰਜੀਤ ਸਿੰਘ ਜਵੰਦਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਮੁਕੇਸ਼ ਜੁਨੇਜਾ, ਸਮੂਹ ਉਪ ਮੰਡਲ ਮੈਜਿਸਟਰੇਟ, ਪੁਲਿਸ, ਸਿਹਤ, ਸਿੱਖਿਆ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Punjab News: ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ! ਕਈ ਆਗੂ AAP ‘ਚ ਸ਼ਾਮਲ

 

Punjab News: ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ! ਕਈ ਆਗੂ AAP ‘ਚ ਸ਼ਾਮਲ

ਹਲਕਾ ਫ਼ਿਰੋਜ਼ਪੁਰ ਸ਼ਹਿਰੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ

ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ‘ਚ ਸਰਪੰਚ ਸਾਥੀਆਂ ਸਮੇਤ ਆਪ ਵਿੱਚ ਹੋਏ ਸ਼ਾਮਲ

ਫ਼ਿਰੋਜ਼ਪੁਰ

ਅੱਜ ਸਰਪੰਚ ਸੁਖਵਿੰਦਰ ਕੌਰ ਪਤਨੀ ਗੋਲਡੀ ਸਹੋਤਾ (ਪਿੰਡ ਕਰੀਆਂ ਪਹਿਲਵਾਨ), ਸਰਪੰਚ ਗੁਰਮੇਜ ਸਿੰਘ ਕੋਠੀ ਰਾਏ ਸਾਬ, ਤਰਸੇਮ ਲਾਲ (ਸਾਬਕਾ ਸਰਪੰਚ) ਕੋਠੀ ਰਾਏ ਸਾਬ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਆਪਣੀ ਪਾਰਟੀ ਦੇ ਸਾਥੀਆਂ ਸਮੇਤ ਇਨਾਂ ਦਾ ਮੂੰਹ ਮਿੱਠਾ ਕਰਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਵੱਧ ਤੋਂ ਵੱਧ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਗਏ ਸੈਂਕੜੇ ਪਰਿਵਾਰਾਂ ਸਮੇਤ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ।

ਵਿਧਾਇਕ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਆਗੂ ਸਾਹਿਬਾਨਾਂ ਨੂੰ ਪਰਿਵਾਰ ਦਾ ਹਿੱਸਾ ਬਣਨ ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ। ਇਸ ਮੌਕੇ ਸਰਪੰਚ ਸਹਿਬਾਨ, ਆਪ ਆਗੂ ਅਤੇ ਪਿੰਡ ਵਾਸੀ ਮੌਜੂਦ ਸਨ।

 

Big Breaking: ਦਰਦਨਾਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ, 11 ਜ਼ਖਮੀ

 

ਬਹਰਾਇਚ

ਉਤਰ ਪ੍ਰਦੇਸ਼ ਦੇ ਬਹਰਾਇਚ ਵਿੱਚ ਬੱਸ ਅਤੇ ਟੈਂਪੂ ਦੀ ਆਪਸੀ ਹੋਈ ਭਿਆਨਕ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 11 ਲੋਕ ਜ਼ਖਮੀ ਹੋ ਗਏ।

ਉਤਰ ਪ੍ਰਦੇਸ਼ ਦੇ ਬਹਰਾਇਚ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕਾਂ ਇਕੱਠੇ ਹੋ ਗਏ।

ਘਟਨਾ ਦੀ ਖਬਰ ਮਿਲਦੀ ਹੀ ਪੁਲਿਸ ਮੌਕੇ ਉਤੇ ਪਹੁੰਚ ਗਏ। ਜ਼ਖਮੀਆਂ ਨੂੰ ਐਂਬੁਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪੰਜ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। 11 ਜ਼ਖਮੀਆਂ ਵਿਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।