ਫਾਜ਼ਿਲਕਾ ਜ਼ਿਲ੍ਹਾ ਹਸਪਤਾਲ ਵਿੱਚ 5 ਹੋਰ ਡਾਕਟਰਾਂ ਦੀ ਤਾਇਨਾਤੀ ਦੇ ਹੁਕਮ ਜਾਰੀ – ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ, 24 ਮਾਰਚ: ਪੰਜਾਬ ਸਰਕਾਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਵਚਨਬੱਧ ਹੈ। ਇਸੇ ਦਿਸ਼ਾ ਵਿੱਚ, ਫਾਜ਼ਿਲਕਾ ਦੇ ਜ਼ਿਲ੍ਹਾ ਹਸਪਤਾਲ ਵਿੱਚ 5 ਹੋਰ ਡਾਕਟਰਾਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ ਦੋ ਮਹੀਨਿਆਂ ਦੌਰਾਨ ਇਸ ਹਸਪਤਾਲ ਵਿੱਚ ਕੁੱਲ 11 ਡਾਕਟਰਾਂ ਦੀ ਨਿਯੁਕਤੀ ਹੋ ਚੁੱਕੀ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਾਂਝੀ ਕੀਤੀ।
ਵਿਧਾਇਕ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਸਿਹਤ ਕ੍ਰਾਂਤੀ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਾਹਿਰ ਡਾਕਟਰਾਂ ਦੀ ਭਰਤੀ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ, ਇੱਕ ਸਰਹੱਦੀ ਜ਼ਿਲ੍ਹਾ ਹੋਣ ਕਰਕੇ, ਅਕਸਰ ਡਾਕਟਰਾਂ ਦੀ ਕਮੀ ਦਾ ਸਾਹਮਣਾ ਕਰਦਾ ਸੀ, ਪਰ ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਥੇ ਡਾਕਟਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ।
ਉਨ੍ਹਾਂ ਅਨੁਸਾਰ, ਪਿਛਲੇ ਦੋ ਮਹੀਨਿਆਂ ਵਿੱਚ 11 ਡਾਕਟਰਾਂ ਦੀ ਤਾਇਨਾਤੀ ਤੋਂ ਬਾਅਦ ਹੁਣ 5 ਹੋਰ ਡਾਕਟਰਾਂ ਨੂੰ ਇੱਥੇ ਭੇਜਣ ਦੇ ਆਦੇਸ਼ ਹੋਏ ਹਨ। ਇਸ ਨਾਲ ਸਿਵਲ ਹਸਪਤਾਲ ਵਿੱਚ ਸਿਹਤ ਸਹੂਲਤਾਂ ਹੋਰ ਬਿਹਤਰ ਹੋਣਗੀਆਂ। ਵਿਧਾਇਕ ਨੇ ਕਿਹਾ ਕਿ ਇਹ ਨਵੇਂ ਡਾਕਟਰ ਆਪਣੇ-ਆਪਣੇ ਵਿਸ਼ਿਆਂ ਦੇ ਮਾਹਿਰ ਹਨ, ਜਿਸ ਨਾਲ ਫਾਜ਼ਿਲਕਾ ਦੇ ਲੋਕਾਂ ਨੂੰ ਵੱਡੇ ਸ਼ਹਿਰਾਂ ਵਰਗੀਆਂ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਨੇ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।