Punjab News-
ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਸਰਕਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾਈ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿ ਹੁਣ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਲੋਕਾਂ ਵੱਲੋਂ ਬਚ ਗਈ ਰਹਿੰਦ- ਖੂੰਹਦ / ਪਰਾਲੀ ਨੂੰ ਖੇਤਾਂ ਵਿੱਚ ਹੀ ਅੱਗ ਲਗਾ ਦਿੱਤੀ ਜਾਂਦੀ ਹੈ।
ਜਿਸ ਕਾਰਨ ਵਾਤਾਵਰਨ, ਜੀਵ ਜੰਤੂਆਂ, ਲਾਗੇ ਖੜ੍ਹੀਆਂ ਫਸਲਾਂ, ਸੜਕ ਦੇ ਕਿਨਾਰੇ ਲਗਾਏ ਗਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ ਅਗਲੇ ਦੋ ਮਹੀਨੇ ਤੱਕ ਜਾਰੀ ਰਹੇਗਾ।
ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ‘ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ
ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ‘ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ‘ਤੇ ਪੂਰਣ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਝੋਨੇ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਕੀਤੀ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ।
ਉਨ੍ਹਾਂ ਕਿਹਾ ਕਿ ਸਾਲ 2025 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 10:00 ਵਜੇ ਤੋਂ ਪਹਿਲਾਂ ਝੋਨੇ ਦੀ ਫਸਲ ‘ਤੇ ਤਰੇਲ ਕਾਫੀ ਜ਼ਿਆਦਾ ਹੁੰਦੀ ਹੈ।
ਤਰੇਲ ਕਾਰਨ ਜਿੱਥੇ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉੱਥ ਵੱਧ ਨਮੀ ਕਾਰਨ ਫਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸਦੇ ਨਾਲ ਹੀ ਸ਼ਾਮ 6:00 ਵਜੇ ਤੋਂ ਬਾਅਦ ਦੀ ਤਰੇਲ ਪੈਣ ਕਾਰਨ ਅਤੇ ਦੇਰ ਰਾਤ ਫਸਲ ਦੀ ਕਟਾਈ ਕਰਨ ਕਾਰਨ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ।
ਅਜਿਹੇ ਝੋਨੇ ਨੂੰ ਜਦੋਂ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨਮੀ ਨਿਰਧਾਰਿਤ ਮਾਪਦੰਡਾਂ ਮੁਤਾਬਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫਸਲ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਰਕੇ ਥਾਂ ਦੀ ਘਾਟ ਪੈਦਾ ਹੋ ਜਾਂਦੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਭਰਮਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ।