ਨਵੀਂ ਦਿੱਲੀ, 12 ਅਗਸਤ 2025 – ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-ਐਨਸੀਆਰ ਵਿੱਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਇੱਕ ਰਾਹਤ ਵੱਡੀ ਰਾਹਤ ਦਿੱਤੀ। ਸੁਪਰੀਮ ਕੋਰਟ ਨੇ ਸਰਕਾਰ ਵੱਲੋਂ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਨੂੰ ਬੰਦ ਕਰਨ ਦੀ ਪਾਬੰਦੀ ਨੂੰ ਹਟਾ ਦਿੱਤਾ ਹੈ।
ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਬੀਆਰ ਗਵਈ, ਜਸਟਿਸ ਕੇ ਵਿਨੋਦ ਚੰਦਰਨ ਅਤੇ ਜਸਟਿਸ ਐਨਵੀ ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਕਰ ਰਹੀ ਸੀ। ਇਸ ਮਾਮਲੇ ਵਿੱਚ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵਾਹਨ ਮਾਲਕਾਂ ਵਿਰੁੱਧ ਦੰਡਕਾਰੀ ਕਾਰਵਾਈ ਨਾ ਕਰਨ ਦੀ ਵੀ ਅਪੀਲ ਕੀਤੀ ਸੀ।
ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ: “ਨੋਟਿਸ ਜਾਰੀ ਕਰੋ, ਜਿਸਦਾ ਜਵਾਬ ਚਾਰ ਹਫ਼ਤਿਆਂ ਵਿੱਚ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ, ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਇਸ ਆਧਾਰ ‘ਤੇ ਵਾਹਨ ਮਾਲਕਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਾ ਕੀਤੀ ਜਾਵੇ।” ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।







