50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

On: ਜੂਨ 21, 2025 7:55 ਬਾਃ ਦੁਃ
Follow Us:
---Advertisement---


– ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ

ਚੰਡੀਗੜ੍ਹ, 21 ਜੂਨ :

ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ।

ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2,00,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1,50,000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

Join WhatsApp

Join Now

Join Telegram

Join Now

Leave a Comment